ਅੰਮ੍ਰਿਤਸਰ ( ਮਹਿੰਦਰ ਸਿੰਘ ਸੀਟਾ ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪਸ਼ਚਾਤਾਪ ਸਮਾਗਮ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਜੀ ਨੇ ਪਸ਼ਚਾਤਾਪ ਦੀ ਅਰਦਾਸ ਕੀਤੀ।
ਇਸ ਮੌਕੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨੇ ਸਰਵਣ ਕਰਵਾਇਆ। ਇਸ ਮੋਕੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਈਆ।
ਪਸ਼ਚਾਤਾਪ ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ, ਕਿਉਂਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੇ ਮਾਹੋਲ ਨੂੰ ਖਰਾਬ ਕਰਨ ਦਾ ਯਤਨ ਕਰ ਰਹੀਆਂ ਹਨ।
ਉਨਾਂ ਆਖਿਆ ਕਿ ਬੇਅਦਬੀ ਮਾਮਲਿਆਂ ਵਿਚ ਪੰਜਾਬ ਦੀ ਸਰਕਾਰ ਨਾਕਾਮ ਸਾਬਤ ਹੋਈ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਸ੍ਰੋਮਣੀ ਕਮੇਟੀ ਵੱਲੋ ਪਿਛਲੇ ਸਮੇਂ ਦੋਰਾਨ ਫੜਾਏ ਗਏ ਦੋਸ਼ੀਆਂ ਨੂੰ ਕੋਈ ਵੀ ਸਜ਼ਾ ਨਹੀ ਮਿਲ ਸਕੀ ।
ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘਟਨਾ ਬੇਹੱਦ ਦੁੱਖੀ ਕਰਨ ਵਾਲੀ ਹੈ। ਉਨਾਂ ਆਖਿਆ ਕਿ ਇਸ ਤੋਂ ਚਾਰ ਦਿਨ ਪਹਿਲਾਂ ਇਥੇ ਹੀ ਪਵਿੱਤਰ ਗੁਟਕਾ ਸਾਹਿਬ ਨੂੰ ਪਾੜ ਕੇ ਸਰੋਵਰ ਵਿਚ ਸੁੱਟਿਆ ਗਿਆ, ਪਰ ਸ੍ਰੋਮਣੀ ਕਮੇਟੀ ਦੋਸ਼ੀ ਨੂੰ ਪੁਲਿਸ ਹਵਾਲੇ ਕਰਨ ਮਗਰੋਂ ਵੀ ਉਸ ਪਾਸੋਂ ਕੋਈ ਸੱਚ ਸਾਹਮਣੇ ਨਹੀ ਲਿਆਂਦਾ ਗਿਆ।
ਇਹ ਸਰਕਾਰ ਦੀ ਵੱਡੀ ਨਾਕਾਮੀ ਹੈ । ਉਨਾਂ ਕਿਹਾ ਕਿ ਮੋਜੂਦਾ ਘਟਨਾ ਸਬੰਧੀ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੀ ਬਹੁਤ ਹੇਠਲੇ ਦਰਜੇ ਦੀ ਹੈ ਅਤੇ ਇਸ ਤੋਂ ਕਿਸੇ ਵੀ ਸਿੱਟੇ ਦੀ ਆਸ ਨਹੀ ਹੈ। ਉਨਾਂ ਮੰਗ ਕੀਤੀ ਕਿ ਇਸ ਘਟਨਾ ਦੇ ਸਬੰਧ ਵਿਚ ਮੋਜੂਦਾ ਜਾਂ ਸਾਬਕਾ ਜੱਜ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਗਠਤ ਕੀਤੀ ਜਾਵੇ।